English Hindi October 24, 2020

ਖ਼ਬਰਾਂ ਦੇਸ਼–ਵਿਦੇਸ਼ ਦੀਆਂ

ਕਿਸਾਨ ਜਥੇਬੰਦੀਆਂ ਭਲਕੇ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਹੋਣਗੀਆਂ

October 13, 2020 07:57 PM

ਮਸਲਾ ਹੱਲ ਨਾ ਹੋਣ 'ਤੇ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ

- 15 ਅਕਤੂਬਰ ਨੂੰ ਜਥੇਬੰਦੀਆਂ ਦੇ ਨੁਮਾਇੰਦੇ ਮੁੜ ਮੀਟਿੰਗ ਕਰਨਗੇ

ਗਰੋਆ ਟਾਈਮਜ਼ ਸਰਵਿਸ
ਚੰਡੀਗੜ੍ਹ, 13 ਅਕਤੂਬਰ
ਚੰਡੀਗੜ੍ਹ ਵਿੱਚ ਹੋਈ 30 ਕਿਸਾਨ ਜਥੇਬੰਦੀਆਂ ਨੇ ਮੀਟਿੰਗ ਵਿੱਚ ਫੈਸਲਾ ਕੀਤਾ ਹੈ ਕਿ ਉਹ ਭਲਕੇ 14 ਅਕਤੂਬਰ ਨੂੰ ਕੇਂਦਰ ਸਰਕਾਰ ਵੱਲੋਂ ਸੱਦੀ ਮੀਟਿੰਗ ਵਿੱਚ ਸ਼ਾਮਲ ਜ਼ਰੂਰ ਹੋਣਗੀਆਂ। ਇਸ ਦੇ ਨਾਲ ਹੀ ਸਪਸ਼ਟ ਕੀਤਾ ਕਿ ਜੇ ਮੀਟਿੰਗ ਵਿੱਚ ਉਸਾਰੂ ਸਿੱਟੇ ਨਾ ਨਿਕਲੇ ਤਾਂ ਸੰਘਰਸ਼ ਸਬੰਧੀ ਅਗਲੀ ਰਣਨੀਤੀ ਤੈਅ ਕੀਤੀ ਜਾਵੇਗੀ।

ਕਿਸਾਨ ਜਥੇਬੰਦੀਆਂ ਨੇ 5 ਨਵੰਬਰ ਨੂੰ ਦੇਸ਼ ਭਰ ਵਿਚ ਚੱਕਾ ਜਾਮ ਕਰਨ ਦਾ ਐਲਾਨ ਕੀਤਾ ਹੈ। ਇਸ ਦੀ ਜਾਣਕਾਰੀ ਭਾਰਤੀ ਕਿਸਾਨ ਯੂਨੀਅਨ ਰਾਜੇਵਾਲ ਦੇ ਪ੍ਰਧਾਨ ਬਲਬੀਰ ਸਿੰਘ ਰਾਜੇਵਾਲ ਨੇ ਚੰਡੀਗੜ੍ਹ ਵਿਚ ਪ੍ਰੈੱਸ ਕਾਨਫਰੰਸ ਦੌਰਾਨ ਦਿੱਤੀ ਹੈ। ਰਾਜੇਵਾਲ ਨੇ ਕਿਹਾ ਕਿ ਦੇਸ਼ ਭਰ ਦੀਆਂ ਕਿਸਾਨ ਜਥੇਬੰਦੀਆਂ 5 ਨਵੰਬਰ ਨੂੰ ਸਵੇਰੇ 10 ਵਜੋਂ ਤੋਂ ਸ਼ਾਮ 4 ਵਜੇ ਤਕ ਚੱਕਾ ਜਾਮ ਕਰਨਗੀਆਂ।

ਰਾਜੇਵਾਲ ਨੇ ਦੱਸਿਆ ਕਿ ਕਿਸਾਨ ਜਥੇਬੰਦੀਆਂ ਨੇ ਕੇਂਦਰ ਦਾ ਗੱਲਬਾਤ ਦਾ ਸੱਦਾ ਕਬੂਲ ਕਰ ਲਿਆ ਹੈ, ਇਸ ਲਈ ਕਿਸਾਨ ਜਥੇਬੰਦੀਆਂ ਵਲੋਂ ਗੱਲਬਾਤ ਲਈ 7 ਮੈਂਬਰੀ ਕਮੇਟੀ ਦਾ ਗਠਨ ਕੀਤਾ ਹੈ, ਜਿਹੜੀ ਮਜ਼ਬੂਤੀ ਨਾਲ ਸਰਕਾਰ ਸਾਹਮਣੇ ਆਪਣਾ ਪੱਖ ਰੱਖੇਗੀ।

ਉਨ੍ਹਾਂ ਦੱਸਿਆ ਕਿ ਹਰਿਆਣਾ ਦੇ ਕੁਰੂਕਸ਼ੇਤਰ ਵਿਚ ਕੁਝ ਕਿਸਾਨ ਜਥੇਬੰਦੀਆਂ ਦੀ ਮੀਟਿੰਗ ਹੋਈ ਸੀ, ਜਿਸ ਵਿਚ ਕਈ ਸੂਬਿਆਂ ਦੀਆਂ ਕਿਸਾਨ ਜਥੇਬੰਦੀਆਂ ਨੇ ਸ਼ਮੂਲੀਅਤ ਕੀਤੀ ਸੀ, ਜਿਸ ਵਿਚ ਇਹ ਫ਼ੈਸਲਾ ਲਿਆ ਗਿਆ ਹੈ।

ਅੱਜ ਦੀ ਇਸ ਮੀਟਿੰਗ ਵਿੱਚ ਤੀਹ ਕਿਸਾਨ ਜਥੇਬੰਦੀਆਂ ਸ਼ਾਮਲ ਸਨ, ਜਦਕਿ ਕਿਸਾਨ ਯੂਨੀਅਨ ਉਗਰਾਹਾਂ ਨੇ ਇਸ ਵਿੱਚ ਹਿੱਸਾ ਨਹੀਂ ਲਿਆ। ਇਸੇ ਦੌਰਾਨ ਪੰਜਾਬ ਦੇ ਦੋ ਕੈਬਨਿਟ ਮੰਤਰੀਆਂ ਸੁੱਖ ਸਰਕਾਰੀਆ ਅਤੇ ਤ੍ਰਿਪਤ ਰਾਜਿੰਦਰ ਸਿੰਘ ਬਾਜਵਾ ਸਮੇਤ ਕੈਪਟਨ ਸੰਦੀਪ ਸੰਧੂ ਨੇ ਵੀ ਇਨ੍ਹਾਂ ਕਿਸਾਨ ਜਥੇਬੰਦੀਆਂ ਦੇ ਨਾਲ ਮੀਟਿੰਗ ਕੀਤੀ। ਪੰਜਾਬ ਸਰਕਾਰ ਨੇ ਅਪੀਲ ਕੀਤੀ ਹੈ ਕਿ ਕਿਸਾਨ ਰੇਲਵੇ ਟਰੈਕ ਖਾਲੀ ਕਰ ਦੇਣ ਤਾਂ ਜੋ ਕਿਸਾਨੀ ਨਾਲ ਸਬੰਧਤ ਵਸਤਾਂ ਬਾਹਰੋਂ ਮੰਗਵਾਉਣ ਲਈ ਸੌਖ ਹੋ ਸਕੇ ਪਰ ਕਿਸਾਨ ਜਥੇਬੰਦੀਆਂ ਦਾ ਕਹਿਣਾ ਹੈ ਕਿ ਉਹ 15 ਅਕਤੂਬਰ ਤੱਕ ਰੇਲਵੇ ਲਾਈਨਾਂ 'ਤੇ ਇਸੇ ਤਰ੍ਹਾਂ ਡਟੀਆਂ ਰਹਿਣਗੀਆਂ।


ਮੀਟਿੰਗ ਉਪਰੰਤ ਕਿਸਾਨ ਆਗੂ ਬਲਬੀਰ ਸਿੰਘ ਰਾਜੇਵਾਲ ਨੇ ਦੱਸਿਆ ਕਿ ਪੰਜਾਬ ਵਿੱਚ ਵੱਖ ਰਹੇ ਸੰਘਰਸ਼ ਸੰਬੰਧੀ ਅਤੇ ਰੇਲਾਂ ਮਾਰਗਾਂ 'ਤੇ ਲੱਗੇ ਪੱਕੇ ਨਾਕੇ ਹਟਾਉਣ ਸਬੰਧੀ ਦਿੱਲੀ 'ਚ ਹੋਣ ਵਾਲੀ ਮੀਟਿੰਗ ਤੋਂ ਬਾਅਦ 15 ਅਕਤੂਬਰ ਨੂੰ ਜਥੇਬੰਦੀਆਂ ਦੇ ਨੁਮਾਇੰਦੇ ਮੁੜ ਮੀਟਿੰਗ ਕਰਨਗੇ। ਉਨ੍ਹਾਂ ਦੱਸਿਆ ਕਿ ਸਾਰੀਆਂ ਜਥੇਬੰਦੀਆਂ ਦਰਮਿਆਨ ਸਰਬਸੰਮਤੀ ਨਾਲ ਇਹੀ ਰਾਏ ਬਣੀ ਹੈ ਕਿ ਕੇਂਦਰ ਸਰਕਾਰ ਦੀ ਗੱਲ ਜ਼ਰੂਰ ਸੁਣੀ ਜਾਵੇ ।

ਮੀਟਿੰਗ ਦੇ ਵਿੱਚ ਭਾਵੇਂ ਕਿ ਕਿਸਾਨ ਯੂਨੀਅਨ ਉਗਰਾਹਾਂ ਅੱਜ ਸ਼ਾਮਲ ਨਹੀ ਹੋਈ ਪਰ ਯੂਨੀਅਨ ਦੇ ਸੂਬਾ ਪ੍ਰਧਾਨ ਜੋਗਿੰਦਰ ਸਿੰਘ ਉਗਰਾਹਾਂ ਨੇ ਐਲਾਨ ਕੀਤਾ ਹੈ ਕਿ ਕਿਸਾਨ ਜਥੇਬੰਦੀਆਂ ਵੱਲੋਂ ਕੱਲ੍ਹ ਨੂੰ ਸੈਂਟਰ ਸਰਕਾਰ ਨਾਲ ਮੀਟਿੰਗ ਕਰਨ ਦੇ ਲਏ ਗਏ ਫੈਸਲੇ ਨਾਲ ਉਨ੍ਹਾਂ ਦੀ ਜਥੇਬੰਦੀ ਵੀ ਪੂਰੀ ਤਰ੍ਹਾਂ ਸਹਿਮਤ ਹੈ ਅਤੇ ਕਿਸਾਨ ਯੂਨੀਅਨ ਉਗਰਾਹਾਂ ਵੀ ਕੱਲ੍ਹ ਦੀ ਇਸ ਮੀਟਿੰਗ ਵਿੱਚ ਸ਼ਾਮਲ ਹੋਵੇਗੀ।

Have something to say? Post your comment